ਪਹਿਲਗਾਮ ਦੇ ਅੱਤਵਾਦੀ ਹਮਲੇ ਮਗਰੋਂ ਪੰਜਾਬ ਵਿੱਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੁਰੱਖਿਆ ਬੈਠਕ ਕਰਕੇ ਹਾਲਾਤਾਂ ਦਾ ਜਾਇਜ਼ਾ ਲਿਆ ਅਤੇ ਸੂਬੇ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰਨ ਦੇ ਨਿਰਦੇਸ਼ ਦਿੱਤੇ ਹਨ।
Punjab: Pahalgam Terror Attack ਮਗਰੋਂ ਸਾਰੇ ਦੇਸ਼ ਵਿੱਚ ਚਿੰਤਾ ਦਾ ਮਾਹੌਲ ਹੈ ਅਤੇ ਇਸ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਵੀ ਸੂਬੇ ਨੂੰ ਹਾਈ ਅਲਰਟ 'ਤੇ ਰੱਖ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਇੱਕ ਉੱਚ ਪੱਧਰੀ ਸੁਰੱਖਿਆ ਬੈਠਕ ਬੁਲਾਈ ਜਿਸ ਵਿੱਚ ਸੂਬੇ ਦੀ ਮੌਜੂਦਾ ਸੁਰੱਖਿਆ ਸਥਿਤੀ ਦਾ ਜਾਇਜ਼ਾ ਲਿਆ ਗਿਆ। ਬੈਠਕ ਮਗਰੋਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਦੀ ਜਨਤਾ ਨੂੰ ਭਰੋਸਾ ਦਿਵਾਉਣਾ ਚਾਹੁੰਦਾ ਹਾਂ ਕਿ ਸੂਬਾ ਪੂਰੀ ਤਰ੍ਹਾਂ ਸੁਰੱਖਿਅਤ ਹੈ। ਅੱਤਵਾਦ ਦਾ ਕੋਈ ਧਰਮ ਨਹੀਂ ਹੁੰਦਾ ਅਤੇ ਅਸੀਂ ਇਸਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕਰਾਂਗੇ।”
ਜੰਮੂ-ਕਸ਼ਮੀਰ ਵਿੱਚ ਫਸੇ ਪੰਜਾਬ ਦੇ ਨਾਗਰਿਕਾਂ ਨੂੰ ਲਿਆਂਦਾ ਜਾਵੇਗਾ ਸੁਰੱਖਿਅਤ
ਮੁੱਖ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਜੰਮੂ-ਕਸ਼ਮੀਰ ਵਿੱਚ ਫਸੇ ਪੰਜਾਬ ਦੇ ਸੈਲਾਨੀ ਜਾਂ ਵਿਦਿਆਰਥੀਆਂ ਨੂੰ ਸੁਰੱਖਿਅਤ ਵਾਪਸ ਲਿਆਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਰਕਾਰ ਲਗਾਤਾਰ ਜੰਮੂ-ਕਸ਼ਮੀਰ ਦੇ ਅਧਿਕਾਰੀਆਂ ਅਤੇ ਵਿਦਿਆਰਥੀ ਸੰਗਠਨਾਂ ਨਾਲ ਸੰਪਰਕ ਵਿੱਚ ਹੈ ਤਾਂ ਜੋ ਕਿਸੇ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ।
ਪੰਜਾਬ ਪੁਲਿਸ ਨੇ ਕਸੀ ਕਮਰ, ਡੀਜੀਪੀ ਨੇ ਦਿੱਤੇ ਸਖ਼ਤ ਨਿਰਦੇਸ਼
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੂਬੇ ਵਿੱਚ ਸੰਵੇਦਨਸ਼ੀਲ ਥਾਵਾਂ ਜਿਵੇਂ ਕਿ ਇੰਟਰ-ਸਟੇਟ ਸਰਹੱਦਾਂ, ਧਾਰਮਿਕ ਸਥਾਨ, ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਸਿੱਖਿਆ ਸੰਸਥਾਵਾਂ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਜੰਮੂ-ਕਸ਼ਮੀਰ ਦੇ ਵਿਦਿਆਰਥੀਆਂ ਦੀ ਵੱਧ ਮੌਜੂਦਗੀ ਵਾਲੇ ਸੰਸਥਾਵਾਂ ਵਿੱਚ ਪੁਲਿਸ ਤੈਨਾਤੀ ਵੀ ਵਧਾ ਦਿੱਤੀ ਗਈ ਹੈ।
ਕੜੀ ਨਿਗਰਾਨੀ ਅਤੇ ਖੁਫ਼ੀਆ ਏਜੰਸੀਆਂ ਨਾਲ ਤਾਲਮੇਲ
ਡੀਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਖੁਫ਼ੀਆ ਨਿਗਰਾਨੀ ਅਤੇ ਸਰਹੱਦੀ ਸੁਰੱਖਿਆ ਏਜੰਸੀਆਂ ਨਾਲ ਤਾਲਮੇਲ ਤੇਜ਼ ਕਰ ਦਿੱਤਾ ਹੈ। “ਅਸੀਂ ਰੀਅਲ-ਟਾਈਮ ਇੰਟੈਲੀਜੈਂਸ ਸਾਂਝਾ ਕਰ ਰਹੇ ਹਾਂ ਅਤੇ ਕਿਸੇ ਵੀ ਗਤੀਵਿਧੀ 'ਤੇ ਨਜ਼ਰ ਬਣਾਈ ਹੋਈ ਹੈ,” ਉਨ੍ਹਾਂ ਕਿਹਾ।
ਪਾਕਿਸਤਾਨ ਦੀਆਂ ਸਾਜ਼ਿਸ਼ਾਂ
ਪੰਜਾਬ ਦੀ 553 ਕਿਲੋਮੀਟਰ ਲੰਬੀ ਅੰਤਰਰਾਸ਼ਟਰੀ ਸਰਹੱਦ ਪਾਕਿਸਤਾਨ ਨਾਲ ਲੱਗਦੀ ਹੈ, ਜੋ ਇੱਕ ਵੱਡੀ ਚੁਣੌਤੀ ਬਣਦੀ ਜਾ ਰਹੀ ਹੈ। ਹਾਲ ਹੀ ਦੇ ਦਿਨਾਂ ਵਿੱਚ ਆਈ.ਐਸ.ਆਈ. ਸਮਰਥਤ ਅੱਤਵਾਦੀਆਂ ਦੇ ਕਈ ਮਾਡਿਊਲਾਂ ਦਾ ਭਾਂਡਾਫੋੜ ਕੀਤਾ ਗਿਆ ਹੈ। ਡਰੋਨ ਰਾਹੀਂ ਹਥਿਆਰ ਅਤੇ ਡਰੱਗਜ਼ ਭੇਜਣ ਦੀਆਂ ਕੋਸ਼ਿਸ਼ਾਂ ਵੀ ਲਗਾਤਾਰ ਸਾਹਮਣੇ ਆ ਰਹੀਆਂ ਹਨ।